ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ਚ ਪੰਜਾਬੀ ਭਾਸ਼ਾ ਨੂੰ ਪਹਿਲ

ਹਰ ਸੂਬਾ ਸਰਕਾਰ ਵੱਲੋਂ ਕਿਹਾ ਜਾਂਦਾ ਹੈ ਕਿ ਸੂਬੇ ਦੀ ਭਾਸ਼ਾ ਨੂੰ ਤਰਜੀਹ ਦਿੱਤੀ ਜਾਵੇਗੀ ਪਰ ਹੁਣ ਤਕ ਇਹ ਬਿਆਨ ਸਿਰਫ਼ ਬਿਆਨ ਹੀ ਰਹਿ ਗਏ। ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਵਕਤ ਜ਼ਿਆਦਾਤਰ ਅੰਗਰੇਜ਼ੀ ਭਾਸ਼ਾ ਨੂੰ ਤਰਜੀਹ ਦਿੱਤੀ ਜਾਂਦੀ ਹੈ। ਚਿੱਠੀ ਪੱਤਰ ਅੰਗਰੇਜ਼ੀ ਭਾਸ਼ਾ ਵਿੱਚ ਹੁੰਦਾ ਹੈ। ਕਈ ਜ਼ਿਆਦਾ ਪੜ੍ਹੇ ਲਿਖੇ ਅਫ਼ਸਰ ਤਾਂ ਪੰਜਾਬੀ ਭਾਸ਼ਾ ਨੂੰ ਮਹੱਤਤਾ ਹੀ ਨਹੀਂ ਦਿੰਦੇ। ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ ਗਈ ਹੈ।

ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਸਾਰਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਹੋਵੇ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਲਿਖਿਆ ਹੈ “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਸੂਬਾ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

” ਪੰਜਾਬੀ ਭਾਸ਼ਾ ਦੇ ਹਿਤੈਸ਼ੀ, ਲੇਖਕ ਅਤੇ ਬੁੱਧੀਜੀਵੀ ਚਾਹੁੰਦੇ ਹਨ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕੀਤਾ ਜਾਵੇ। ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਲਾਗੂ ਕੀਤਾ ਜਾਵੇ। ਹਾਲਾਂਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਸਥਾਨਕ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਾਸ਼ਾ ਵਿਭਾਗ ਦੀ ਸਥਾਪਨਾ ਕੀਤੀ ਹੋਈ ਹੈ।