ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ, ਵਾਤਾਵਰਨ ਲਈ ਸਰਕਾਰ ਕਰੇਗੀ ਆਹ ਕੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਏ ਦਿਨ ਕੋਈ ਨਾ ਕੋਈ ਫ਼ੈਸਲਾ ਲਿਆ ਜਾਂਦਾ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਲੈ ਕੇ ਵੀ ਇਕ ਫ਼ੈਸਲਾ ਲਿਆ ਗਿਆ ਹੈ। ਜਿਸ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ 15 ਜੁਲਾਈ 2022 ਤੋਂ ਲਾਗੂ ਕੀਤਾ ਜਾਵੇਗਾ। ਇਸ ਫੈਸਲੇ ਦੇ ਪਹਿਲੇ ਪੜਾਅ ਵਿੱਚ ਸਰਕਾਰੀ ਸਕੂਲਾਂ ਵਿੱਚ 1.25 ਲੱਖ ਤੋਂ ਵੱਧ ਫਲਦਾਰ ਬੂਟੇ ਲਗਾਏ ਜਾਣਗੇ।

ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਂ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਖੇਤੀ ਵਿਭਿੰਨਤਾ ਵੱਲ ਖ਼ਾਸ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਖੇਤੀ ਪ੍ਰਤੀ ਜੋੜ ਕੇ ਰੱਖਿਆ ਜਾ ਸਕੇ। ਉਹਨਾਂ ਨੇ ਦੱਸਿਆ ਹੈ ਕਿ ਫਲਦਾਰ ਪੌਦੇ ਲਗਾਉਣ ਦੀ ਇਸ ਮੁਹਿੰਮ ਦੇ ਦੂਜੇ ਪੜਾਅ ਵਿੱਚ ਪੰਜਾਬ ਵਿੱਚ ਵਗਦੀਆਂ ਨਦੀਆਂ, ਨਾਲਿਆਂ ਅਤੇ ਸੜਕਾਂ ਦੇ ਕਿਨਾਰੇ ਫ਼ਲਦਾਰ ਪੌਦੇ ਲਗਾਏ ਜਾਣਗੇ।

ਮਿਲੀ ਜਾਣਕਾਰੀ ਅਨੁਸਾਰ ਮੰਤਰੀ ਫੌਜਾ ਸਿੰਘ ਸਰਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪੌਦਿਆਂ ਦੀ ਸਾਂਭ ਸੰਭਾਲ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਬਾਗਬਾਨੀ ਵਿਭਾਗ ਦੇ ਕੰਮਕਾਜ ਦਾ ਵੀ ਪੂਰਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਸਰਕਾਰੀ ਖਾਲੀ ਪਈ ਜਮੀਨ ਤੇ ਬਾਗ਼ ਲਾਉਣ ਲਈ ਨੀਤੀ ਬਣਾਉਣ।