ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਨੇ ਦਿਖਾਇਆ ਪੰਜਾਬ ਦਾ ਐਸਾ ਸਕੂਲ, ਜਿਸ ਅੱਗੇ 5 ਸਟਾਰ ਹੋਟਲ ਵੀ ਫੇਲ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵੋਟਰਾਂ ਨੂੰ ਦਿੱਲੀ ਦੀ ਤਰਜ ਤੇ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇਣ ਦੀ ਗੱਲ ਆਖੀ ਸੀ। ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਵਾਰ ਵਾਰ ਦਿੱਲੀ ਦੇ ਮੁਹੱਲਾ ਕਲੀਨਿਕਾਂ ਅਤੇ ਸਕੂਲਾਂ ਦਾ ਵੇਰਵਾ ਦਿੱਤਾ ਜਾਂਦਾ ਸੀ। ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਿਰ ਉੱਤੇ ਸਨ ਤਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਕੇ ਉਨ੍ਹਾਂ ਦੀ ਪੋਲ ਖੋਲ੍ਹ ਰਹੇ ਸਨ।

ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਵਿਖੇ ਸਕੂਲਾਂ ਦਾ ਦੌਰਾ ਕਰਨ ਗਏ ਹਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਾਲਕਾ ਜੀ ਦੇ ਡਾ ਬੀ ਆਰ ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਤੋਂ ਕਾਫੀ ਪ੍ਰਭਾਵਿਤ ਹੋਏ। ਉਨ੍ਹਾਂ ਨੇ ਇਸ ਦੀ ਪ੍ਰਸੰਸਾ ਵੀ ਕੀਤੀ।

ਹੁਣ ਜਦੋਂ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਸਕੂਲਾਂ ਦਾ ਦੌਰਾ ਕਰ ਰਹੇ ਹਨ ਤਾਂ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇਕ ਰਿਸ਼ਤੇਦਾਰ ਜੈਜੀਤ ਸਿੰਘ ਨੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦਾ ਧਿਆਨ ਬਠਿੰਡਾ ਦੇ ਇਕ ਸਰਕਾਰੀ ਸਕੂਲ ਵੱਲ ਦਿਵਾਇਆ ਹੈ। ਇਸ ਸਰਕਾਰੀ ਸਕੂਲ ਦੀਆਂ ਸੋਸ਼ਲ ਮੀਡੀਆ ਤੇ ਫੋਟੋਆਂ ਵੀ ਪਾਈਆਂ ਗਈਆਂ ਹਨ। ਜੈਜੀਤ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਦੇ ਇਸ ਸਰਕਾਰੀ ਸਕੂਲ ਨੂੰ ਦੇਖ ਕੇ ਇਸ ਦੀ ਨਕਲ ਕਰਨ।

ਇਸ ਸਕੂਲ ਵਰਗੇ ਹੋਰ ਸਕੂਲ ਪੰਜਾਬ ਵਿੱਚ ਬਣਾਏ ਜਾਣ। ਇਹ ਪੋਸਟ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਹਰ ਪੰਜਾਬ ਵਾਸੀ ਚਾਹੁੰਦਾ ਹੈ ਕਿ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਣਾ ਚਾਹੀਦਾ ਹੈ। ਜਨਤਾ ਨੂੰ ਵਧੀਆ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਅਜੇ ਤਾਂ ਸੂਬਾ ਸਰਕਾਰ ਨੂੰ ਹੋਂਦ ਵਿੱਚ ਆਏ ਬਹੁਤ ਥੋੜ੍ਹਾ ਸਮਾਂ ਹੋਇਆ ਹੈ। ਜਨਤਾ ਨੂੰ ਉਮੀਦ ਹੈ ਕਿ ਸਰਕਾਰ ਕੀਤੇ ਗਏ ਵਾਅਦੇ ਜ਼ਰੂਰ ਪੂਰੇ ਕਰੇਗੀ।