ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਈਟੀਟੀ ਅਧਿਆਪਕਾਂ ਦੀ ਉਮੀਦ ਨੂੰ ਉਸ ਸਮੇਂ ਬੂਰ ਪਿਆ, ਜਦੋਂ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ। ਜਿਸ ਤੋਂ ਉਮੀਦ ਬੱਝੀ ਹੈ ਕਿ ਪੰਜਾਬ ਸਰਕਾਰ 6635 ਈਟੀਟੀ ਅਧਿਆਪਕਾਂ ਦੀ ਭਰਤੀ ਦੇ ਸਬੰਧ ਵਿੱਚ ਪਈ ਰੁਕਾਵਟ ਨੂੰ ਦੂਰ ਕਰਨ ਲਈ ਯਤਨਸ਼ੀਲ ਹੈ। ਇਹ ਪ੍ਰਕਿਰਿਆ ਲੰਬੇ ਸਮੇਂ ਤੋਂ ਅਟਕੀ ਹੋਈ ਹੈ। ਜਿਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ।

ਚੋਣਾਂ ਦੌਰਾਨ ਹੀ ਇਸ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਾਸੀਆਂ ਲਈ ਵਧੀਆ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਕਈ ਵਾਰ ਦੁਹਰਾ ਚੁੱਕੇ ਹਨ ਕਿ ਪੰਜਾਬ ਵਿੱਚ ਸਿੱਖਿਆ ਨੂੰ ਮਿਆਰੀ ਬਣਾਇਆ ਜਾਵੇਗਾ। ਪੰਜਾਬ ਦੇ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਛੜੇ ਖੇਤਰਾਂ ਅਤੇ ਦੂਰ ਦੁਰਾਡੇ ਦੇ ਖੇਤਰਾਂ ਵੱਲ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੇ ਉਦੇਸ਼ ਵਿਦਿਆਰਥੀਆਂ ਤਕ ਮਿਆਰੀ ਸਿੱਖਿਆ ਪਹੁੰਚਾਉਣਾ ਹੈ। ਇਸ ਸੰਬੰਧ ਵਿਚ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣੀ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰੇਗੀ।