ਹੁਣ ਇਸ ਤਰੀਕ ਤੋਂ ਮਿਲਣਗੇ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਜਿਨ੍ਹਾਂ ਵਿੱਚ ਰੁਜ਼ਗਾਰ, ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ, ਚੰਗੀ ਸਿੱਖਿਆ ਪ੍ਰਣਾਲੀ, ਵਧੀਆ ਸਿਹਤ ਸਹੂਲਤਾਂ ਅਤੇ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਲਾਵਾ ਹੋਰ ਵੀ ਕਈ ਗਰੰਟੀਆਂ ਸ਼ਾਮਲ ਸਨ। ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਵਿੱਚ 26 ਹਜ਼ਾਰ ਤੋਂ ਵੀ ਜ਼ਿਆਦਾ ਆਸਾਮੀਆਂ ਭਰਨ ਦਾ ਐਲਾਨ ਕੀਤਾ ਸੀ।

ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵੀ ਐਲਾਨ ਕਰ ਚੁੱਕੀ ਹੈ। ਹਰ ਇੱਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਖੋਲ੍ਹਣ ਦੀ ਵੀ ਪਿਛਲੇ ਦਿਨੀਂ ਗੱਲ ਚੱਲੀ ਸੀ। ਹੁਣ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਤਲਵਾੜ ਨੇ ਮੀਡੀਆ ਨੂੰ ਦੱਸਿਆ ਹੈ ਕਿ ਰੱਖੜੀ ਦੇ ਤਿਉਹਾਰ ਤੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੀ ਪਾਰਟੀ ਵੱਲੋਂ ਜਨਤਾ ਨਾਲ ਜੋ ਵਾਅਦੇ ਕੀਤੇ ਗਏ ਸਨ,

ਉਨ੍ਹਾਂ ਦੀ ਸਰਕਾਰ ਜਲਦੀ ਹੀ ਸਾਰੇ ਵਾਅਦੇ ਪੂਰੇ ਕਰੇਗੀ। ਅਸ਼ੋਕ ਤਲਵਾੜ ਦਾ ਕਹਿਣਾ ਹੈ ਕਿ ਸਰਕਾਰ ਮਾਈਨਿੰਗ ਸਬੰਧੀ ਵੀ ਨਵੀਂ ਨੀਤੀ ਲਿਆ ਰਹੀ ਹੈ। ਜਿਸ ਅਧੀਨ ਪੰਜਾਬ ਵਾਸੀਆਂ ਨੂੰ ਸਸਤਾ ਰੇਤਾ ਮਿਲੇਗਾ। ਇਸ ਸਮੇਂ ਮਾਈਨਿੰਗ ਬੰਦ ਹੋਣ ਕਰਕੇ ਰੇਤਾ ਮਹਿੰਗਾ ਮਿਲ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਬਦਲਾਅ ਦੇ ਨਾਮ ਤੇ ਇਸ ਵਾਰ ਪੰਜਾਬ ਦੀ ਜਨਤਾ ਨੇ ਵੱਡੀ ਗਿਣਤੀ ਵਿਚ ਵੋਟਿੰਗ ਕੀਤੀ। ਆਮ ਆਦਮੀ ਪਾਰਟੀ ਨੂੰ 117 ਵਿੱਚੋਂ 92 ਸੀਟਾਂ ਤੇ ਜਿੱਤ ਹਾਸਲ ਹੋਈ ਹੈ।

ਪੰਜਾਬ ਵਾਸੀਆਂ ਨੂੰ ਨਵੀਂ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਜਨਤਾ ਦੀਆਂ ਉਮੀਦਾਂ ਤੇ ਖਰੀ ਉਤਰਦੀ ਹੈ ਜਾਂ ਨਹੀਂ? ਸਰਕਾਰ ਕਿੰਨੀ ਦੇਰ ਵਿੱਚ ਵਾਅਦੇ ਨਿਭਾਉਂਦੀ ਹੈ? ਪ੍ਰੈੱਸ ਕਾਨਫਰੰਸ ਦੌਰਾਨ ਅਸ਼ੋਕ ਤਲਵਾੜ ਅਤੇ ਹੋਰ ਆਗੂਆਂ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਦੱਸੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਆਪਣੀ ਸਰਕਾਰ ਦੁਆਰਾ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ।